Type Here to Get Search Results !

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪੰਜਾਬ ਸਰਕਾਰ ਤੇ ਹੱਲਾ ਬੋਲ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 22 ਮਈ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪੰਜਾਬ ਸਰਕਾਰ ਤੇ ਹੱਲਾ ਬੋਲ

ਸ੍ਰੀ ਮੁਕਤਸਰ ਸਾਹਿਬ /ਫਰੀਦਕੋਟ /ਚੰਡੀਗੜ੍ਹ ,18 ਮਈ , (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਗੁੱਸੇ ਦਾ ਲਾਵਾ ਫਟ ਗਿਆ ਹੈ ਤੇ ਉਹਨਾਂ ਨੇ ਪੰਜਾਬ ਸਰਕਾਰ ਤੇ ਹੱਲਾ ਬੋਲਣ ਲਈ ਤਿਆਰੀ ਕਰ ਲਈ ਹੈ ।
           ਸੂਬੇ ਦੀ ਵੱਡੀ ਮੁਲਾਜ਼ਮ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 22 ਮਈ ਦਿਨ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਉਹਨਾਂ ਦੇ ਘਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਅੱਜ ਐਲਾਨ ਕਰ ਦਿੱਤਾ ਹੈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ ।‌
           ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਲਗਭਗ 55 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦੋ ਮਹੀਨਿਆਂ ਦੀਆਂ ਤਨਖ਼ਾਹਾਂ ਨਹੀਂ ਮਿਲੀਆਂ ਤੇ ਉਹ ਬਹੁਤ ਨਿਰਾਸ਼ ਹਨ । ਆਂਗਣਵਾੜੀ ਸੈਂਟਰਾਂ ਦਾ ਸਮਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਬਦਲਿਆ ਨਹੀਂ ਗਿਆ ਤੇ ਨਾ ਹੀ ਛੁੱਟੀਆਂ ਸਕੂਲਾਂ ਦੇ ਬਰਾਬਰ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਉਹ ਤਿੰਨ ਵਾਰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮਿਲ ਕੇ ਮੀਟਿੰਗ ਕਰਨ ਲਈ ਮੰਗ ਪੱਤਰ ਦੇ ਚੁੱਕੇ ਹਨ । ਪਰ ਇਸ ਦੇ ਬਾਵਜੂਦ ਵੀ ਅਜੇ ਤੱਕ ਮੰਤਰੀ ਨੇ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਜਿਸ ਕਰਕੇ ਇਸ ਸੰਘਰਸ਼ ਕਰਨ ਲਈ ਮਜ਼ਬੂਰ ਹੈ । ਉਹਨਾਂ ਕਿਹਾ ਜਦੋਂ ਤੱਕ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ । 
          ਸੂਬਾ ਪ੍ਰਧਾਨ ਨੇ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਇਸ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਕਿ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।

Post a Comment

2 Comments
* Please Don't Spam Here. All the Comments are Reviewed by Admin.