ਮੋਤੀ ਮਹਿਲ ਦੇ ਘਿਰਾਓ ਲਈ ਖੇਤ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ

bttnews
0

- ਵਿਸ਼ਾਲ ਤੇ ਤਿੱਖੇ ਘੋਲ਼ ਅਣਸਰਦੀ ਲੋੜ -ਸੇਵੇਵਾਲਾ 


ਮੋਤੀ ਮਹਿਲ ਦੇ ਘਿਰਾਓ ਲਈ ਖੇਤ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ

 ਬੁਢਲਾਡਾ,31ਅਗਸਤ ( ਅਮਰਜੀਤ ਬਿੱਟੂ ) ਪੰਜਾਬ ਦੀ ਕਾਂਗਰਸ ਸਰਕਾਰ ਚੋਣਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਘਰ ਘਰ ਨੌਕਰੀ ਦੇਣ ਅਤੇ ਰਾਸ਼ਨ ਡਿਪੂਆਂ ਤੇ ਆਟਾ ਦਾਲ ਦੇ ਨਾਲ ਖੰਡ,ਘਿਓ ਤੇ ਚਾਹ ਪੱਤੀ ਆਦਿ ਦੇਣ ਵਰਗੇ ਕੀਤੇ ਵਾਅਦਿਆਂ ਤੋਂ ਭੱਜ ਗੲੀ ਹੈ ਇਸ ਲਈ  ਮਜ਼ਦੂਰ ਮਸਲਿਆਂ ਦੇ ਹੱਲ ਲਈ ਵਿਸ਼ਾਲ ਤੇ ਤਿੱਖੇ ਘੋਲ਼ ਅਣਸਰਦੀ ਲੋੜ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ  ਅੱਜ ਬੁਢਲਾਡਾ ਵਿਖੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਇੱਕਠੇ ਹੋਏ ਖੇਤ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਕੀਤਾ ਗਿਆ। ਉਹ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 13 ਸਤੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਕੀਤੇ ਜਾ ਰਹੇ ਜਾ ਰਹੇ ਘਿਰਾਓ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਇੱਥੇ ਰੱਖੀ ਮਜ਼ਦੂਰ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਉਹਨਾਂ ਦੋਸ਼ ਲਾਇਆ ਕਿ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ਼ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ 25 ਅਗਸਤ ਦੀ ਮੀਟਿੰਗ ਦੌਰਾਨ ਮਜ਼ਦੂਰਾਂ ਦੇ ਪੱਟੇ ਬਿਜਲੀ ਮੀਟਰ ਬਿਨਾਂ ਸ਼ਰਤ ਜੋੜਨ ਤੇ ਅੱਗੇ ਤੋਂ ਮੀਟਰ ਪੱਟਣੇ ਬੰਦ ਕਰਨ ਦਾ ਜ਼ੋ ਫੈਸਲਾ ਲਿਆ ਗਿਆ ਸੀ ਉਸਨੂੰ ਵੀ ਲਾਗੂ ਨਹੀਂ ਕੀਤਾ ਗਿਆ ਉਲਟਾ ਅਜੇ ਵੀ ਮਹਿਕਮੇ ਵੱਲੋਂ ਮੀਟਰ ਪੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਕਿਰਤ ਕਾਨੂੰਨਾਂ 'ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ ਸਬੰਧੀ ਵਿਧਾਨ ਸਭਾ 'ਚ ਮਤਾ ਪਾਸ ਕਰਨ , ਬੁਢਾਪਾ ਪੈਨਸ਼ਨ ਲਈ ਉਮਰ ਦੀ ਹੱਦ ਘਟਾਉਣ, ਮਨਰੇਗਾ ਤਹਿਤ ਕੰਮ ਦਿਹਾੜੀਆਂ ਵਧਾਉਣ ਆਦਿ ਮਸਲਿਆਂ ਦੇ ਹੱਲ ਬਾਰੇ ਮੁੱਖ ਮੰਤਰੀ ਤੇ ਕੈਬਨਿਟ ਦੀ ਸਲਾਹ ਨਾਲ ਹਾਂ ਪੱਖੀ ਕਦਮ ਚੁੱਕਣ ਦਾ ਜ਼ੋ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਸੀ ਇਹਨਾਂ ਬਾਰੇ ਕੈਬਨਿਟ ਮੀਟਿੰਗ ਵਿੱਚ ਕੋਈ ਜ਼ਿਕਰ ਵੀ ਨਹੀਂ ਕੀਤਾ ਗਿਆ। ਉਹਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਉਹ ਮਜ਼ਦੂਰ ਜਥੇਬੰਦੀਆਂ  ਦੇ ਸਾਂਝੇ ਮੋਰਚੇ ਵੱਲੋਂ  ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਰੁਜ਼ਗਾਰ ਦੀ ਗਰੰਟੀ, ਬਿਜਲੀ ਬਿੱਲਾਂ ਦੀ ਮੁਆਫ਼ੀ ਤੇ ਡਿੱਪੂਆਂ ਰਾਹੀਂ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦੇਣਾ ਯਕੀਨੀ ਬਣਾਉਣ , ਦਲਿਤਾਂ ਤੇ ਜ਼ਬਰ ਬੰਦ ਕਰਨ ਤੇ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ ਦੀ ਗਰੰਟੀ ਕਰਨ ਆਦਿ ਮੰਗਾਂ ਦੀ ਪੂਰਤੀ ਲਈ 13 ਸਤੰਬਰ ਨੂੰ ਮੋਤੀ ਮਹਿਲ ਦੇ ਕੀਤੇ ਜਾ ਰਹੇ  ਘਿਰਾਓ ਦੇ ਪ੍ਰੋਗਰਾਮ 'ਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਇਸ ਮੌਕੇ 3 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਾਂਝੇ ਮੋਰਚੇ ਦੇ ਸੱਦੇ ਤਹਿਤ ਪਿੰਡ- ਪਿੰਡ ਰੋਸ ਮੁਜ਼ਾਹਰੇ ਕਰਨ ਦਾ ਵੀ ਫੈਸਲਾ ਲਿਆ ਗਿਆ। ਅੱਜ ਦੀ ਮੀਟਿੰਗ ਨੂੰ ਮਜ਼ਦੂਰ ਆਗੂ ਗੁਰਦੀਪ ਸਿੰਘ ਆਹਲੂਪੁਰ ਤੇ ਨਰਿੰਦਰ ਕੌਰ ਤੋਂ ਇਲਾਵਾ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂ ਨੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਜਥੇਬੰਦੀ ਮਜ਼ਦੂਰਾਂ ਦੀ ਹਰ ਪੱਖੋਂ ਡਟਵੀ ਹਮਾਇਤ ਕਰੇਗੀ ਅਤੇ ਮਜ਼ਦੂਰ ਕਿਸਾਨ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਕਾਰਜ ਨੂੰ ਅੱਗੇ ਵਧਾਵੇਗੀ।

Post a Comment

0Comments

Post a Comment (0)