ਸ੍ਰੀ ਮੁਕਤਸਰ ਸਾਹਿਬ , 25 ਮਾਰਚ (ਸੁਖਪਾਲ ਸਿੰਘ ਢਿੱਲੋਂ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਵੱਲੋਂ ਅੱਜ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮਿਲ ਕੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ । ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ , ਕਿਉਂਕਿ ਵਰਕਰਾਂ ਤੇ ਹੈਲਪਰਾਂ ਤੋਂ ਬਿਨਾਂ ਆਂਗਣਵਾੜੀ ਸੈਂਟਰ ਚਲਾਉਣ ਵਿੱਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ । ਵਰਕਰਾਂ ਆਪਣੇ ਨਿਗੂਣੇ ਮਾਣ ਭੱਤੇ ਵਿਚੋਂ ਪੱਲਿਉਂ ਪੈਸੇ ਖ਼ਰਚ ਕੇ ਕੰਮ ਚਲਾ ਰਹੀਆਂ ਹਨ । ਆਂਗਣਵਾੜੀ ਸੈਂਟਰਾਂ ਵਿਚੋਂ 2017 ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਜਿੰਨਾ ਚਿਰ ਇਹ ਸੰਭਵ ਨਹੀਂ ਹੈ ਉਹਨਾਂ ਚਿਰ ਆਪ ਜੀ ਦੀ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦੁੱਗਣਾ ਦਿੱਤਾ ਜਾਵੇ । ਇਸ ਮੌਕੇ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ , ਅੰਮ੍ਰਿਤਪਾਲ ਕੌਰ ਥਾਂਦੇਵਾਲਾ , ਰਾਜਿੰਦਰ ਕੌਰ ਤੇ ਚਰਨਜੀਤ ਕੌਰ ਆਦਿ ਆਗੂ ਹਾਜ਼ਰ ਸਨ ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਦਿੱਤਾ
March 25, 2022
0