ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ. ਸ਼੍ਰੀ ਮੁਕਤਸਰ ਸਾਹਿਬ ਪਿੰਡ ਚੱਕ ਗਿਲਜੇਵਾਲਾ ਵਿਖੇ ਪਹੁੰਚੇ

bttnews
0
ਸ੍ਰੀ ਮੁਕਤਸਰ ਸਾਹਿਬ 25 ਮਈ (BTTNEWS)-  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਾਤਾਵਰਨ ਦੀ ਸੰਭਾਲ ਅਤੇ ਪਾਣੀ ਦੀ ਬਚਤ ਲਈ ਪੂਰੇ ਰਾਜ ਵਿਚ ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ।
ਇਸ ਮੁਹਿੰਮ ਤਹਿਤ ਵਿਨੀਤ ਕਮਾਰ, ਆਈ.ਏ.ਐਸ. ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲੇ ਦੇ ਪਿੰਡ ਚੱਕ ਗਿਲਜੇਵਾਲਾ ਬਲਾਕ ਗਿੱਦੜਬਾਹਾ ਦੇ ਕਿਸਾਨ ਚਰਨਜੀਤ ਸਿੰਘ ਪੁੱਤਰ ਤਾਰਾ ਸਿੰਘ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਕਿਸਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਵਜੋ ਦਿੱਤਾ ਜਾਵੇਗਾ।

ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ. ਸ਼੍ਰੀ ਮੁਕਤਸਰ ਸਾਹਿਬ ਪਿੰਡ ਚੱਕ ਗਿਲਜੇਵਾਲਾ ਵਿਖੇ ਪਹੁੰਚੇ


 ਇਸ ਮੌਕੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਵੱਲ ਧਿਆਨ ਦਿਵਾਉਣ ਤੇ ਉਨਾਂ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਖੇਤਾਂ ਵਿਚ ਟਿਊਬਵੈਲਾਂ ਨੇੜੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਪਾਸੋਂ ਜ਼ਿਲੇ ਨੂੰ 93000 ਹੈਕ: ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪ੍ਰਾਪਤ ਹੋਇਆ ਹੈ। ਇਸ ਟੀਚੇ ਦੀ ਪੂਰਤੀ ਲਈ ਜ਼ਿਲੇ ਦੇ 236 ਪਿੰਡਾਂ ਲਈ 135 ਅਧਿਕਾਰੀ/ਕਰਮਚਾਰੀਆਂ ਨੂੰ ਪਿੰਡ ਪੱਧਰ ਤੇ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਬਲਾਕ ਪੱਧਰ ਤੇ 4 ਬਲਾਕ ਖੇਤੀਬਾੜੀ ਅਫ਼ਸਰ ਝੋਨੇ ਦੀ ਸਿੱਧੀ ਬਿਜਾਈ ਦੇ ਕੰਮ ਦੀ ਮੋਨੀਟਰਿੰਗ ਕਰ ਰਹੇ ਹਨ। ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ-2 ਜਾ ਕੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਵਿੱਚ ਸਖ਼ਤ ਤਹਿ ਨਹੀਂ ਬਣੇਗੀ, 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬਚਤ ਹੋਵੇਗੀ, ਭੂਮੀਗਤ ਪਾਣੀ 10 ਤੋਂ 12 ਪ੍ਰਤੀਸ਼ਤ ਵੱਧ ਰੀਚਾਰਜ਼ ਹੋਵੇਗਾ, ਬਿਮਾਰੀਆਂ ਘੱਟ ਲੱਗਣਗੀਆਂ ਅਤੇ ਹਾੜੀ ਦੀ ਫ਼ਸਲ ਦਾ ਝਾੜ ਵਧੇਗਾ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰੀ ਜ਼ਮੀਨ ਵਿੱਚ ਹੀ ਕੀਤੀ ਜਾਵੇ। ਲੇਜ਼ਰ ਕਰਾਹੇ ਨਾਲ ਜ਼ਮੀਨ ਪੱਧਰ ਕਰਨ ਤੋਂ ਬਾਅਦ ਜੇਕਰ ਦੋ ਰੌਣੀਆਂ ਕਰ ਲਈਆਂ ਜਾਣ ਤਾਂ ਇਹ ਜ਼ਿਆਦਾ ਲਾਹੇਵੰਦ ਹੋਵੇਗਾ। ਜ਼ਮੀਨ ਦੀ ਤਿਆਰੀ ਸਬੰਧੀ ਉਨਾਂ ਦੱਸਿਆ ਕਿ ਜ਼ਮੀਨ ਨੂੰ ਹੋਛਾ ਵਾਹੁਣ ਉਪਰੰਤ ਦੂਹਰਾ ਸੁਹਾਗਾ ਮਾਰ ਕੇ ਬਿਜ਼ਾਈ ਸਵੇਰੇ ਜਾਂ ਸ਼ਾਮ ਨੂੰ ਹੀ ਕੀਤੀ ਜਾਵੇ।

 ਬਿਜਾਈ ਸਮੇਂ ਇੱਕ ਏਕੜ ਲਈ 8 ਤੋਂ 10 ਕਿ:ਗ੍ਰਾ: ਬੀਜ਼ ਨੂੰ 12 ਘੰਟੇ ਪਾਣੀ ਵਿਚ ਭਿਉ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਸਪਰਿੰਟ 75 ਡਬਲਯੂ ਐਸ ਪ੍ਰਤੀ ਕਿ:ਗ੍ਰਾ: ਸੋਧਿਆ ਜਾਵੇ ਅਤੇ ਬਿਜਾਈ ਦੇ ਤੁਰੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲੀਨ 30 ਤਾਕਤ 1 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕੀਤਾ ਜਾਵੇ। ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨਾਂ ਬਾਅਦ ਲਗਾਇਆ ਜਾਵੇ। ਇਨਾਂ 21 ਦਿਨਾਂ ਦੌਰਾਨ ਕਿਸੇ ਕਿਸਮ ਦੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਕਿ ਇਨਾਂ ਦਿਨਾਂ ਦੌਰਾਨ ਜੜਾਂ ਦਾ ਵਿਕਾਸ ਜ਼ਿਆਦਾ ਅਤੇ ਫ਼ਸਲ ਦਾ ਵਾਧਾ ਘੱਟ ਹੁੰਦਾ ਹੈ।
ਭੁਪਿੰਦਰ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ, ਗਿੱਦੜਬਾਹਾ ਵੱਲੋਂ ਆਪਣੇ ਬਲਾਕ ਦੀ ਰਿਪੋਰਟ ਪੇਸ਼ ਕਰਦੇ ਹੋਏ ਵਿਸ਼ੇਸ਼ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਅਤੇ ਅਗਾਂਹਵਧੂ ਕਿਸਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।

Post a Comment

0Comments

Post a Comment (0)