- ਪੈਨਸ਼ਨਰਾਂ ਦੀ ਮੀਟਿੰਗ ਦੌਰਾਨ ਕੀਤਾ ਫੈਸਲਾ -
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦੀ ਵਿਸ਼ੇਸ਼ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕੀਤੀ। ਮੀਟਿੰਗ ਵਿੱਚ ਸਿੱਖਿਆ, ਰੋਡਵੇਜ, ਪਬਲਿਕ ਹੈਲਥ ਅਤੇ ਐਕਸਾਈਜ ਐਂਡ ਟੈਕਸਟੇਸ਼ਨ ਸਮੇਤ ਕਈ ਹੋਰ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਮੂਹਰਲੀ ਕਤਾਰ ਦੇ ਆਗੂਆਂ ਨੇ ਭਾਗ ਲਿਆ।
ਪੈਨਸ਼ਨਰ ਆਗੂ ਸਵਰਗਵਾਸੀ ਮਾਤਾ ਅਤੇ ਬੱਸ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ। |
ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਉਦਾਸੀਨਤਾ ਵਾਲੀ ਨੀਤੀ ਦੀ ਪੁਰਜੋਰ ਸ਼ਬਦਾਂ ’ਚ ਨਿੰਦਾ ਕੀਤੀ ਗਈ। ਪੰਜਾਬ ਦੀ ਪੈਨਸ਼ਨਰ ਅਤੇ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਦੇ ਫੈਸਲੇ ਅਨੁਸਾਰ ਆਉਂਦੀ 24 ਸਤੰਬਰ ਐਤਵਾਰ ਨੂੰ ਰਾਜ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮਲੋਟ ਵਾਲੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਸਮੂਹ ਆਗੂਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਵੱਲੋਂ ਘਿਰਾਓ ਸਮੇਂ ਸ਼ਾਮਿਲ ਹੋਣ ਦਾ ਵਿਸ਼ਵਾਸ਼ ਦਿਵਾਇਆ ਗਿਆ। ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਕਾਰਨ ਪੈਨਸ਼ਨਰਾਂ ਦੇ ਸਬਰ ਦਾ ਪਿਆਲਾ ਭਰ ਗਿਆ ਹੈ ਅਤੇ ਉਹ ਸਰਕਾਰ ਨੂੰ ਸਬਕ ਸਿਖਾ ਕੇ ਹੀ ਹਟਣਗੇ। ਉਹਨਾਂ ਨੇ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿਚ ਹਰੇਕ ਪੱਧਰ ’ਤੇ ਹੋਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖਾਮਿਆਜਾ ਭੁਗਤਣਾ ਪਵੇਗਾ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼ਰਮਾ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਪਿਛਲੇ ਦਿਨੀਂ ਜਥੇਬੰਦੀ ਦੇ ਜਿਲਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਦੀ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ਅਤੇ ਨਹਿਰ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬਲਦੇਵ ਸਿੰਘ ਬੇਦੀ, ਹਰਦੇਵ ਸਿੰਘ, ਕਰਤਾਰ ਸਿੰਘ ਬੇਰੀ, ਚੌ. ਬਲਬੀਰ ਸਿੰਘ, ਸੁਖਮੰਦਰ ਸਿੰਘ ਬੇਦੀ, ਜੱਗਾ ਸਿੰਘ, ਇੰਦਰਪਾਲ ਸਿੰਘ, ਓਮ ਪ੍ਰਕਾਸ਼ ਸ਼ਰਮਾ, ਪਰਸ਼ੋਤਮ ਲਾਲ, ਗਿਆਨ ਚੰਦ, ਬੋਹੜ ਸਿੰਘ ਥਾਂਦੇਵਾਲਾ, ਜਸਵੰਤ ਸਿੰਘ, ਸੁਰਿੰਦਰ ਜੀਤ, ਮੁਖਤਿਆਰ ਸਿੰਘ ਬੇਦੀ, ਹਰਭਜਨ ਸਿੰਘ ਸੰਧੂ ਅਤੇ ਅਸ਼ੋਕ ਕੁਮਾਰ ਸ਼ਰਮਾ ਆਦਿ ਮੌਜੂਦ ਸਨ।