- ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ: ਏਆਈਜੀ ਅਸ਼ਵਨੀ ਕਪੂਰ
ਚੰਡੀਗੜ੍ਹ, 12 ਸਤੰਬਰ (BTTNEWS)- ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।
ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।