54 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਪੰਜਾਬ ਸਰਕਾਰ ਤੇ ਹੱਲਾ ਬੋਲ

BTTNEWS
0

 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ 

ਸ੍ਰੀ ਮੁਕਤਸਰ ਸਾਹਿਬ , 21 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੇ ਹੱਲਾ ਬੋਲਣ ਲਈ ਪ੍ਰੋਗਰਾਮ ਉਲੀਕ ਲਿਆ ਹੈ ਤੇ  ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ । ਜਿਸ ਦੌਰਾਨ ਹਰੇਕ ਬਲਾਕ ਵਿਚੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਪੁੱਜਣਗੀਆਂ ।
     
54 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਪੰਜਾਬ ਸਰਕਾਰ ਤੇ ਹੱਲਾ ਬੋਲ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ।


   ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਦੱਸਿਆ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਨੇ ਆਈ ਸੀ ਡੀ ਐਸ ਸਕੀਮ ਸ਼ੁਰੂ ਕੀਤੀ ਸੀ ਤੇ ਇਸ ਸਕੀਮ ਨੂੰ ਚੱਲਦਿਆਂ ਲਗਭਗ 48 ਸਾਲ ਬੀਤ ਚੁੱਕੇ ਹਨ । ਪਰ ਹੈਰਾਨੀ ਭਰੀ ਗੱਲ ਹੈ ਕਿ ਐਨਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ । ਜਿਸ ਕਰਕੇ ਜਥੇਬੰਦੀ ਨੂੰ ਭਾਰੀ ਸੰਘਰਸ਼ਾਂ ਵਿਚੋਂ ਗੁਜ਼ਰਨਾ ਪਿਆ ਹੈ । 

CLICK HERE- 'ਸ੍ਰੀ ਮੁਕਤਸਰ ਸਾਹਿਬ' ਪੁਲਿਸ ਵੱਲੋ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ ਤੇ ਕੀਤੀ ਰੇਡ


          ਜਿੰਨਾਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ ਉਹਨਾਂ ਬਾਰੇ ਜਾਣਕਾਰੀ ਦਿੰਦਿਆਂ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਵਿੱਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਵੇ ਅਤੇ ਹੈਲਪਰਾਂ ਨੂੰ ਚੋਥੇ ਦਰਜੇ ਦਾ ਗਰੇਡ ਦਿੱਤਾ ਜਾਵੇ । 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ । ਐਨ ਜੀ ਓ ਅਧੀਨ ਚੱਲਦੇ 8 ਬਲਾਕਾਂ ਬਠਿੰਡਾ , ਸਿੱਧਵਾਂ ਬੇਟ , ਤਰਸਿੱਕਾ , ਖੂਈਆਂ ਸਰਵਰ , ਮੱਖੂ , ਡੇਰਾ ਬਾਬਾ ਨਾਨਕ , ਭਿੱਖੀਵਿੰਡ ਅਤੇ ਹਰਸਾਛੀਨਾ ਨੂੰ ਮੁੱਖ ਵਿਭਾਗ ਵਿੱਚ ਮਰਜ਼ ਕੀਤਾ ਜਾਵੇ । ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਾਰੇ ਪਿਛਲੇ ਬਕਾਏ ਦਿੱਤੇ ਜਾਣ ਅਤੇ ਅੱਗੇ ਤੋਂ ਹਰ ਮਹੀਨੇ ਦੀ 3 ਤਰੀਕ ਨੂੰ ਮਾਣ ਭੱਤਾ ਦਿੱਤਾ ਜਾਵੇ ।  ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਵੇਲੇ ਵਰਕਰਾਂ ਤੇ ਹੈਲਪਰਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਅਤੇ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ । 
        ਹਰਗੋਬਿੰਦ ਕੌਰ ਨੇ ਦੱਸਿਆ ਕਿ ਰੋਸ ਰੈਲੀ ਦੀਆਂ ਤਿਆਰੀਆਂ ਲਈ ਜ਼ਿਲਾ ਅਤੇ ਬਲਾਕ ਪੱਧਰ ਤੇ ਆਗੂਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ।     
          ਉਹਨਾਂ ਕਿਹਾ ਕਿ ਡੇਢ ਸਾਲ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਥੇਬੰਦੀ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ ਜਦੋਂ ਕਿ ਵਰਕਰਾਂ ਤੇ ਹੈਲਪਰਾਂ ਤਨਖਾਹਾਂ ਨੂੰ ਵੀ ਤਰਸਦੀਆਂ ਰਹੀਆਂ ਹਨ । ਉਹਨਾਂ ਕਿਹਾ ਕਿ ਜਥੇਬੰਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹੈ ਤੇ ਉਹ ਸਰਕਾਰ ਦੀ ਕਿਸੇ ਘੁਰਕੀ ਤੋਂ ਨਹੀਂ ਡਰਦੀਆਂ । 

Post a Comment

0Comments

Post a Comment (0)