ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (BTTNEWS)- ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਅਭਿਨਵ ਤ੍ਰਿਖਾ ਆਈ.ਏ.ਐਸ. ਕਮਿਸ਼ਨਰ ਫੂਡ ਸੇਫਟੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੀਆਂ ਵੱਖ ਵੱਖ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ 3 ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਵਿਚ ਮਠਿਆਈਆਂ ਦੀ ਖਪਤ ਵਧ ਜਾਂਦੀ ਹੈ ਜਿਸ ਨਾਲ ਮਿਲਾਵਟੀ ਅਤੇ ਨਕਲੀ ਮਠਿਆਈਆਂ ਬਜ਼ਾਰ ਵਿੱਚ ਆਉਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ। ਇਸ ਮੌਕੇ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਅਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ।
-ਪ੍ਰਾਯੋਜਿਤ-