ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪਿੰਡ ਰੋੜਾਂਵਾਲੀ ਵਿਖੇ ਕੀਤੀ ਮੀਟਿੰਗ

BTTNEWS
0

 - 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਬੂਹੇ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਕੀਤਾ ਵਿਚਾਰ ਵਟਾਂਦਰਾ -

ਸ੍ਰੀ ਮੁਕਤਸਰ ਸਾਹਿਬ , 24 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪਿੰਡ ਰੋੜਾਂਵਾਲੀ ਵਿਖੇ ਮੀਟਿੰਗ ਕੀਤੀ ਗਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਦੌਰਾਨ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਬੂਹੇ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।

 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪਿੰਡ ਰੋੜਾਂਵਾਲੀ ਵਿਖੇ ਕੀਤੀ ਮੀਟਿੰਗ

    ਮੀਟਿੰਗ ਵਿੱਚ ਪੁੱਜੀਆਂ ਆਗੂਆਂ ਨੂੰ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਾਰਨ ਤੰਗ ਪ੍ਰੇਸ਼ਾਨ ਹਨ । ਕਿਉਂਕਿ ਉਹਨਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ । 

       ਉਹਨਾਂ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਥੇਬੰਦੀ ਵੱਲੋਂ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜਿੰਨਾ ਕੋਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਹੈ ਦੇ ਬੂਹੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।

            ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ ਸੱਤ ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ ।

      ਉਹਨਾਂ ਕਿਹਾ ਕਿ ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਸੈਂਟਰ ਫੰਡ ਨਹੀਂ ਦਿੱਤਾ ਗਿਆ । ਇਹ ਸੈਂਟਰ ਫੰਡ ਤੁਰੰਤ ਦਿੱਤਾ ਜਾਵੇ ।

       ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤੇ ਦੇ ਸੈਂਟਰ ਅਤੇ ਸਟੇਟ ਦੇ ਬਿੱਲ ਇਕੋ ਵਾਰ ਕਲੀਅਰ ਕਰਵਾ ਕੇ ਇਕੱਠਾ ਦਿੱਤਾ ਜਾਵੇ ਅਤੇ ਇਸ ਦੀ ਅਦਾਇਗੀ ਹਰ ਮਹੀਨੇ ਦੀ 3 ਤਰੀਕ ਤੱਕ ਹੋ ਜਾਣੀ ਚਾਹੀਦੀ ਹੈ । 

       ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਜੋ ਲਗਭਗ ਇਕ ਸਾਲ ਤੋਂ ਰੁਕਿਆ ਪਿਆ ਹੇ । ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਡੀਕਲ ਛੁੱਟੀ ਇਕ ਮਹੀਨੇ ਦੀ ਜਿਸ ਤਰ੍ਹਾਂ ਪਹਿਲਾਂ ਦਿੱਤੀ ਜਾਂਦੀ ਸੀ ਉਸੇ ਤਰ੍ਹਾਂ ਹੀ ਦਿੱਤੀ ਜਾਵੇ ।      

       ਉਹਨਾਂ ਇਹ ਵੀ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 2017 ਤੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ । ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਤੇ ਹੈਲਪਰਾਂ ਨੂੰ ਗਰੇਡ ਦਿੱਤਾ ਜਾਵੇ । 

      ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਹਦਿਆ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ ।  

     ਉਹਨਾਂ ਨੇ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਪੀਲ ਕੀਤੀ ਹੈ ਕਿ 4 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਮਲੋਟ ਵਿਖੇ ਪੁੱਜੋ ਤਾਂ ਜੋ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।

       ਇਸ ਮੌਕੇ ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ , ਪਰਮਜੀਤ ਕੌਰ ਜਵਾਹਰੇਵਾਲਾ , ਦਵਿੰਦਰ ਕੌਰ ਰੋੜਾਂਵਾਲੀ , ਰਾਣੀ ਕੌਰ ਰੋੜਾਂਵਾਲੀ , ਹਰਪ੍ਰੀਤ ਕੌਰ ਬਧਾਈ , ਕਰਮਜੀਤ ਕੌਰ ਫੱਤਣਵਾਲਾ , ਰਾਜਪਾਲ ਕੌਰ ਅਕਾਲਗੜ੍ਹ ਅਤੇ ਗੁਰਮੀਤ ਕੌਰ ਸੋਹਣੇ ਵਾਲਾ ਆਦਿ ਮੌਜੂਦ ਸਨ ।

Post a Comment

0Comments

Post a Comment (0)