ਸ੍ਰੀ ਮੁਕਤਸਰ ਸਾਹਿਬ, 08 ਫਰਵਰੀ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਆਉਂਦੀ 10 ਫਰਵਰੀ ਸ਼ਨੀਵਾਰ ਨੂੰ ਸਵੇਰੇ 10:00 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ।
ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਭਾਗ ਲੈਣਗੇ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਕਰਮਜੀਤ ਸ਼ਰਮਾ ਕਰਨਗੇ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀ ਹੱਕੀ ਮੰਗਾਂ ਅਤੇ ਸਰਕਾਰ ਦੀ ਉਦਾਸੀਨਤਾ ਵਾਲੀ ਨੀਤੀ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਦਸਿਆ ਹੈ ਕਿ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਉਂਦੀ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਅਟਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿਤੀ ਹੈ ਕਿ ਐਸੋਸੀਏਸ਼ਨ ਵੱਲੋਂ ਦੋ ਕੁ ਮਹੀਨੇ ਪਹਿਲਾਂ ਸ਼ਹਿਰ ਦੇ ਤਾਜ ਪੈਲੇਸ ਵਿਖੇ ਮਨਾਏ ਗਏ ਸਫਲ ਪੈਨਸ਼ਨਰ ਦਿਵਸ ਸਬੰਧੀ ਰਿਵੀਊ ਵੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਉਕਤ ਦਿਵਸ ਮਨਾਉਣ ਤੋਂ ਬਾਅਦ ਐਸੋਸੀਏਸ਼ਨ ਦੀ ਉਕਤ ਪਹਿਲੀ ਮੀਟਿੰਗ ਹੈ। ਜਿਲ੍ਹਾ ਜਨਰਲ ਸਕੱਤਰ ਅਟਵਾਲ ਨੇ ਇਹ ਵੀ ਦੱਸਿਆ ਹੈ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਪਿਛਲੀ ਮੀਟਿੰਗ ਤੋਂ ਬਾਅਦ ਆਪਣਾ ਜਨਮ ਦਿਨ ਮਨਾਉਣ ਵਾਲੇ ਸੇਵਾ ਮੁਕਤ ਕਰਮਚਾਰੀਆਂ ਨੂੰ ਜਨਮ ਦਿਨ ਦੀ ਵਧਾਈ ਦਿਤੀ ਜਾਵੇਗੀ ਤੇ ਹਾਰ ਪਾ ਕੇ ਉਹਨਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾਵੇਗੀ। ਪ੍ਰਧਾਨ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਨੂੰ 10 ਫਰਵਰੀ ਦੀ ਮੀਟਿੰਗ ਵਿਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।