ਆਂਗਣਵਾੜੀ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨਾਲ ਕੀਤੀ ਮੀਟਿੰਗ

BTTNEWS
0

 - ਡਾਇਰੈਕਟਰ ਨੇ ਦੋ ਹਫ਼ਤਿਆਂ ਤੱਕ ਮੰਗਾਂ ਮੰਨਣ ਦਾ ਦਿੱਤਾ ਭਰੋਸਾ 

ਚੰਡੀਗੜ੍ਹ  , 5 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨਾਲ ਚੰਡੀਗੜ੍ਹ ਵਿਖੇ ਮੁੱਖ ਦਫ਼ਤਰ ਵਿੱਚ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ।

     

ਆਂਗਣਵਾੜੀ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨਾਲ ਕੀਤੀ ਮੀਟਿੰਗ

  ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਬਾਰੇ ਨਾ ਤਾਂ ਵਿਭਾਗ ਕੁੱਝ ਕਰ ਰਿਹਾ ਹੈ ਤੇ ਨਾ ਹੀ ਪੰਜਾਬ ਸਰਕਾਰ । ਜਿਸ ਕਰਕੇ ਉਹਨਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ । 

      ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਪੰਜ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ ।

        ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤੇ ਦੇ ਸੈਂਟਰ ਅਤੇ ਸਟੇਟ ਦੇ ਬਿੱਲ ਇਕੋ ਵਾਰ ਕਲੀਅਰ ਕਰਵਾ ਕੇ ਇਕੱਠਾ ਦਿੱਤਾ ਜਾਵੇ ਅਤੇ ਇਸ ਦੀ ਅਦਾਇਗੀ ਹਰ ਮਹੀਨੇ ਦੀ 3 ਤਰੀਕ ਤੱਕ ਹੋ ਜਾਣੀ ਚਾਹੀਦੀ ਹੈ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਜੋ ਲਗਭਗ ਇਕ ਸਾਲ ਤੋਂ ਰੁਕਿਆ ਪਿਆ ਹੇ ।

         ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ ।     

         ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਡੀਕਲ ਛੁੱਟੀ ਇਕ ਮਹੀਨੇ ਦੀ ਜਿਸ ਤਰ੍ਹਾਂ ਪਹਿਲਾਂ ਦਿੱਤੀ ਜਾਂਦੀ ਸੀ ਉਸੇ ਤਰ੍ਹਾਂ ਹੀ ਦਿੱਤੀ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ । ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ । ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਜ਼ਿਲਾ ਹੁਸ਼ਿਆਰਪੁਰ , ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਐਨ ਜੀ ਓ ਨੂੰ ਰਾਸ਼ਨ ਦਿੱਤਾ ਗਿਆ ਹੈ । ਜਥੇਬੰਦੀ ਇਸ ਦਾ ਵਿਰੋਧ ਕਰਦੀ ਹੈ ਤੇ ਇਹ ਰਾਸ਼ਨ ਵਾਪਸ ਲਿਆ ਜਾਵੇ ।

          ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਡਾਇਰੈਕਟਰ ਸ਼ੀਨਾ ਅਗਰਵਾਲ ਨੇ ਕਿਹਾ ਕਿ ਉਹਨਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ । 

ਬਾਲ ਭਲਾਈ ਕੌਂਸਲ ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਵਰਕਰਾਂ ਹੈਲਪਰਾਂ ਦੀਆਂ ਤਨਖਾਹਾਂ ਦਾ ਮਸਲਾ ਦੋ ਹਫ਼ਤਿਆਂ ਤੱਕ ਹੱਲ ਕਰ ਲਿਆ ਜਾਵੇਗਾ । ਮਿੰਨੀ ਆਂਗਣਵਾੜੀ ਵਰਕਰਾਂ ਵਿਚੋਂ ਫੁੱਲ ਵਰਕਰਾਂ ਬਣੀਆਂ ਨੂੰ ਵੀ ਜੁਆਇੰਨ ਕਰਵਾ ਲਿਆ ਜਾਵੇਗਾ । ਵਰਕਰਾਂ ਵਿਚੋਂ ਸੁਪਰਵਾਈਜ਼ਰਾਂ ਦੀ ਭਰਤੀ ਵੀ ਜਲਦੀ ਕੀਤੀ ਜਾਵੇਗੀ । ਨਵੀਆਂ ਲੱਗੀਆਂ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਜਲਦੀ ਦਿੱਤਾ ਜਾਵੇਗਾ । ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਵਧਾਉਣ ਦੀ ਹਾਮੀ ਵੀ ਭਰੀ ਗਈ ।‌ ਆਂਗਣਵਾੜੀ ਸੈਂਟਰਾਂ ਦੀਆਂ ਅਧੂਰੀਆਂ ਪਈਆਂ ਇਮਾਰਤਾਂ ਨੂੰ ਜਲਦੀ ਬਣਾਇਆ ਜਾਵੇਗਾ ਤੇ 350 ਸੈਂਟਰਾਂ ਲਈ ਫੰਡ ਆ ਚੁੱਕਾ ਹੈ । ਗੈਸ ਸਿਲੰਡਰ ਅਤੇ ਬਰਤਨਾਂ ਲਈ ਵੀ ਫੰਡ ਆ ਗਿਆ ਹੈ । 

        ਇਸੇ ਦੌਰਾਨ ਹਰਗੋਬਿੰਦ ਕੌਰ ਨੇ ਕਿਹਾ ਜੇਕਰ ਦੋ ਹਫ਼ਤਿਆਂ ਤੱਕ ਉਹਨਾਂ ਦੇ ਮਸਲੇ ਹੱਲ ਨਾ ਹੋਏ ਤਾਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । 

       ਇਸ ਮੀਟਿੰਗ ਵਿੱਚ ਯੂਨੀਅਨ ਦੀਆਂ ਆਗੂ ਗੁਰਮੀਤ ਕੌਰ ਗੋਨੇਆਣਾ , ਰੀਮਾ ਰਾਣੀ ਰੋਪੜ ਅਤੇ ਬਲਜੀਤ ਕੌਰ ਕੁਰਾਲੀ ਤੋਂ ਇਲਾਵਾ ਵਿਭਾਗ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਮੌਜੂਦ ਸਨ ।


Post a Comment

0Comments

Post a Comment (0)