ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

BTTNEWS
0

 -  ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ - ਹਰਗੋਬਿੰਦ ਕੌਰ 

ਸ੍ਰੀ ਮੁਕਤਸਰ ਸਾਹਿਬ  , 13 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੀਟਿੰਗ ਵਿੱਚ ਜ਼ਿਲੇ ਦੀਆਂ ਉਹਨਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵੀ ਸ਼ਮੂਲੀਅਤ ਕੀਤੀ ਜੋ ਲਗਭਗ ਪੰਜ ਮਹੀਨੇ ਪਹਿਲਾਂ ਨਵੀਆਂ ਭਰਤੀ ਹੋਈਆਂ ਸਨ ।

 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

     ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਇਹਨਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ । ਉਹਨਾਂ ਮੰਗ ਕੀਤੀ ਕਿ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ । 

       ਉਹਨਾਂ ਇਹ ਵੀ ਕਿਹਾ ਕਿ 

ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦੀ ਉਦਾਹਰਣ ਦੇ ਕੇ 3 ਸਾਲ ਦੇ ਬੱਚਿਆਂ ਨੂੰ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਨਾ ਚਾਹੁੰਦੀ ਹੈ । ਜਦੋਂ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਤਾਂ ਇਹ ਕਹਿੰਦੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਪ੍ਰੀ ਸਕੂਲ ਸਿੱਖਿਆ ਦਿੱਤੀ ਜਾਵੇ । ਉਹਨਾਂ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੇਵਲ ਪੰਜ ਸਾਲ ਤੋਂ ਉੱਪਰ ਦੇ ਬੱਚਿਆਂ ਦਾ ਖਾਣਾ ਹੀ ਆਉਦਾ ਹੈ ਤੇ ਪੰਜ ਸਾਲ ਤੋਂ ਛੋਟੇ ਬੱਚਿਆਂ ਦਾ ਖਾਣਾ ਆਂਗਣਵਾੜੀ ਸੈਂਟਰਾਂ ਵਿੱਚ ਆਉਦਾ ਹੈ । ਇਸ ਤੋਂ ਇਲਾਵਾ 0 ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਦਾ ਸਮੁੱਚੀ ਸਿਹਤ ਸੰਭਾਲ ਆਂਗਣਵਾੜੀ ਸੈਂਟਰਾਂ ਰਾਹੀਂ ਹੀ ਕੀਤੀ ਜਾਂਦੀ ਹੈ । ਜੇਕਰ ਇਹ ਬੱਚੇ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਤਾਂ ਉਹ ਇਹਨਾਂ ਸਹੂਲਤਾਂ ਤੋਂ ਵਾਝੇ ਹੋ ਜਾਣਗੇ ਅਤੇ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਹੌਲ ਦਾ ਫਰਕ ਹੋਣ ਕਰਕੇ ਉਹਨਾਂ ਦੇ ਮਾਨਸਿਕ , ਬੋਧਿਕ ਅਤੇ ਸਰੀਰਕ ਵਿਕਾਸ ਤੇ ਮਾੜਾ ਅਸਰ ਪਵੇਗਾ । 

        ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ ।  

      ਮੀਟਿੰਗ ਦੌਰਾਨ ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਜਿੰਨਾ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਫੁੱਲ ਵਰਕਰ ਬਣਾਇਆ ਗਿਆ ਹੈ ਉਹਨਾਂ ਨੂੰ ਜਲਦੀ ਜੁਵਾਇੰਨ ਕਰਵਾਇਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਵਿਚੋਂ ਸੁਪਰਵਾਈਜ਼ਰ ਬਨਣ ਵਾਲੀਆਂ ਵਰਕਰਾਂ ਨੂੰ ਨਿਯੁਕਤੀ ਪੱਤਰ ਜਲਦੀ ਦਿੱਤੇ ਜਾਣ ।

         ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ , ਕਿਰਨਜੀਤ ਕੌਰ ਭੰਗਚੜੀ , ਇੰਦਰਪਾਲ ਕੌਰ , ਸਰਬਜੀਤ ਕੌਰ ਕੌੜਿਆਂਵਾਲੀ , ਕਿਰਨਪਾਲ ਕੌਰ ਮਹਾਂਬੱਧਰ , ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ ਅਤੇ ਚਰਨਜੀਤ ਕੌਰ ਮੁਕਤਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ ।

Post a Comment

0Comments

Post a Comment (0)