- ਵਿਭਾਗ ਦੇ ਡਾਇਰੈਕਟਰ ਨੇ ਮੰਗਾਂ ਸਬੰਧੀ ਯੂਨੀਅਨ ਦੇ ਆਗੂਆਂ ਨਾਲ 5 ਫਰਵਰੀ ਨੂੰ ਰੱਖੀ ਮੀਟਿੰਗ -
ਚੰਡੀਗੜ੍ਹ , 2 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ 4 ਫਰਵਰੀ ਦਿਨ ਐਤਵਾਰ ਨੂੰ ਜੋ ਰੋਸ ਪ੍ਰਦਰਸ਼ਨ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਮਲੋਟ ਵਿਖੇ ਰੱਖਿਆ ਗਿਆ ਸੀ ਉਹ ਰੋਸ ਪ੍ਰਦਰਸ਼ਨ ਇਕ ਹਫਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਜੇਕਰ ਇਕ ਹਫਤੇ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਅਗਲੇ ਹਫਤੇ ਮਲੋਟ ਵਿਖੇ ਹੀ ਧਰਨਾ ਲਗਾਇਆ ਜਾਵੇਗਾ ।
ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਮੁੱਖ ਦਫਤਰ ਵਿੱਚ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਲਈ ਹੈ ਤੇ ਇਸ ਸਬੰਧੀ ਯੂਨੀਅਨ ਨੂੰ ਚਿੱਠੀ ਵੀ ਭੇਜ ਦਿੱਤੀ ਗਈ ਹੈ ।