ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (BTTNEWS)- ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ’ਚ ਡਟੇ ਕਿਸਾਨਾਂ ਦਾ ਸਮੱਰਥਨ ਕਰਦਿਆ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਮੈਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਕਿਹਾ ਕਿ ਸ਼ਾਤਮਈ ਢੰਗ ਨਾਲ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਹਰਿਆਣਾ ਬਾਰਡਰਾਂ ’ਤੇ ਡਟੇ ਹੋਏ ਕਿਸਾਨਾਂ ’ਤੇ ਕੀਤੇ ਜਾ ਰਹੇ ਹਮਲੇ ਨਿੰਦਣਯੋਗ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਸਰਹੱਦਾਂ ਨੂੰ ਇੰਝ ਸੀਲ ਕੀਤਾ ਗਿਆ ਜਿਵੇ ਹਰਿਆਣਾ ਭਾਰਤ ਦਾ ਵੱਖਰਾ ਸੂਬਾ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇਂ ਕਿਸਾਨੀ ਅੰਦੋਲਨ ਦੌਰਾਨ ਸੈਕੜੇ ਕਿਸਾਨ ਸ਼ਹੀਦ ਹੋਏ, ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਸਹੂਲਤ ਨਹੀਂ ਦਿੱਤੀ ਗਈ ਹੈ। ਭੀਨਾ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਕਿਉਂਕਿ ਉਨ੍ਹਾਂ ਦੀਆਂ ਮੰਗਾਂ ’ਤੇ ਸਹਿਮਤੀ ਜਤਾਉਣ ਤੋਂ ਬਾਅਦ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਅੰਦੋਲਨ ਕਰਨਾ, ਆਪਣੇ ਹੱਕ ਮੰਗਣਾਂ ਸਵਿਧਾਨਿਕ ਹੱਕ ਹੈ ਪਰ ਕਿਸਾਨਾਂ ’ਤੇ ਜੁਲਮ ਕਰਕੇ ਮੋਦੀ ਅਤੇ ਖੱਟੜ ਸਰਕਾਰ ਲੋਕਤੰਤਰ ਅਤੇ ਮਨੁੱਖੀ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਅੰਦੋਲਨ ਦੀ ਪੂਰਨ ਹਮਾਇਤ ਕਰਦੀ ਹੈ ਤੇ ਹਰ ਪੱਖੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ।