ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 1 ਫਰਵਰੀ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ ਲੈ ਚੁੱਕਾ ਹੈ ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ।
ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।