-ਮਾਮਲਾ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਨਾ ਮਿਲਣ ਦਾ -
ਸ੍ਰੀ ਮੁਕਤਸਰ ਸਾਹਿਬ , 21 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਵਿਧਾਨ ਸਭਾ ਹਲਕੇ ਮਲੋਟ ਵਿਖੇ 24 ਮਾਰਚ ਦਿਨ ਐਤਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ , ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ , ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ਅਤੇ ਬਲਾਕ ਲੰਬੀ ਦੀ ਪ੍ਰਧਾਨ ਵੀਰਪਾਲ ਕੌਰ ਬੀਦੋਵਾਲੀ ਨੇ ਦਿੱਤੀ । ਉਹਨਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਸਬੰਧੀ ਵਿਭਾਗ ਦੀ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ 5 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਪੈਸ਼ਲ ਸੈਕਟਰੀ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਹੋਈ ਸੀ । ਜਿਸ ਵਿੱਚ ਭਰੋਸਾ ਦਿੱਤਾ ਗਿਆ ਸੀ ਕਿ ਬਾਲ ਭਲਾਈ ਕੌਂਸਲ ਅਤੇ ਸਮਾਜ ਭਲਾਈ ਬੋਰਡ ਦੀਆਂ ਵਰਕਰਜ਼ ਹੈਲਪਰਜ਼ ਦਾ ਮਾਣ ਭੱਤਾ ਸਟੇਟ ਸ਼ੇਅਰ ਦਾ ਇਕ ਸਾਲ ਤੋਂ ਪੈਂਡਿੰਗ ਹੈ , ਨੂੰ 10 ਦਿਨਾਂ ਦੇ ਵਿੱਚ ਵਿੱਚ ਦੇ ਦਿੱਤਾ ਜਾਵੇਗਾ । ਪ੍ਰੰਤੂ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਵਰਕਰਜ਼ ਹੈਲਪਰਜ਼ ਨੂੰ ਮਾਣ ਭੱਤਾ ਨਹੀਂ ਦਿੱਤਾ ਗਿਆ । ਇਸ ਤੋਂ ਇਲਾਵਾ ਸਾਰੇ ਪੰਜਾਬ ਦੀਆਂ ਵਰਕਰਾਂ ਹੈਲਪਰਾਂ ਦੀਆਂ ਸੀ ਬੀ ਈ ਦੀਆਂ ਗਤੀਵਿਧੀਆਂ ਦੇ ਪੈਸੇ ਵੀ ਨਹੀਂ ਦਿੱਤੇ ਗਏ ਜਦੋਂ ਕਿ ਵਰਕਰਾਂ ਆਪਣੇ ਪੱਲੇ ਤੋਂ ਖਰਚਾ ਕਰਦੀਆਂ ਹਨ ਤੇ ਪ੍ਰਤੀ ਸੇਂਟਰ 500 ਰੁਪਏ ਹਨ । ਕਈ ਹੋਰ ਮੰਗਾਂ ਤੇ ਮਸਲੇ ਵੀ ਹਨ ਜਿੰਨਾ ਤੋਂ ਪੰਜਾਬ ਸਰਕਾਰ ਟਾਲਾ ਵੱਟ ਰਹੀ ਹੈ ।
ਉਹਨਾਂ ਕਿਹਾ ਕਿ 24 ਮਾਰਚ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਮਲੋਟ ਸਥਿਤ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।