ਸ੍ਰੀ ਮੁਕਤਸਰ ਸਾਹਿਬ , 30 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਲ ਗੁਰੂਸਰ ਦੀ ਮੀਟਿੰਗ ਸਰਕਲ ਪ੍ਰਧਾਨ ਗਿਆਨ ਕੌਰ ਦੂਹੇਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਗੁਰੂਸਰ ਵਿਖੇ ਹੋਈ । ਜਿਸ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ ਵਿਸ਼ੇਸ਼ ਤੌਰ ਤੇ ਪਹੁੰਚੇ ।
ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਉਹਨਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।
ਮੀਟਿੰਗ ਦੌਰਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਸਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ । ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਲੱਖਾਂ ਛੋਟੇ ਬੱਚਿਆਂ ਨੂੰ ਵਾਪਸ ਕੀਤਾ ਜਾਵੇ । ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਦਿੱਤੀਆਂ ਜਾਣ ।
ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਾਰ ਵਾਰ ਜਥੇਬੰਦੀ ਦੀਆਂ ਆਗੂਆਂ ਨਾਲ ਮੰਗਾਂ ਮੰਨਣ ਦਾ ਵਾਅਦਾ ਕਰਕੇ ਫੇਰ ਮੁਕਰ ਜਾਂਦੀ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਹਾ ਤਾਂ ਇਹ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਪਿਛਲੇ ਦੋ ਸਾਲਾਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ ਤੇ ਉਹ ਤਨਖਾਹਾਂ ਲੈਣ ਲਈ ਵੀ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੰਘਰਸ਼ ਤੇਜ ਕੀਤਾ ਜਾਵੇਗਾ ।
ਇਸ ਮੌਕੇ ਗੁਰਜੀਤ ਕੌਰ ਗੁਰੂਸਰ, ਸੁਰਿੰਦਰਾਵੰਤੀ, ਰਜਿੰਦਰ ਕੌਰ ਬਾਦੀਆ, ਵੀਰਪਾਲ ਕੌਰ ਭੂੰਦੜ, ਰਾਜਵਿੰਦਰ ਕੌਰ ਭੂੰਦੜ , ਪਰਮਜੀਤ ਕੌਰ ਲੁੰਡੇਵਾਲਾ, ਹਰਪ੍ਰੀਤ ਕੌਰ ਖੂਨਣ ਖੁਰਦ, ਕਿਰਨਪਾਲ ਕੌਰ ਸੁਖਣਾ ਅਤੇ ਗਗਨਦੀਪ ਕੌਰ ਮੱਲਣ ਆਦਿ ਆਗੂ ਮੌਜੂਦ ਸਨ ।