ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

BTTNEWS
By -
0

 - ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ

ਚੰਡੀਗੜ੍ਹ, 23 ਮਾਰਚ (BTTNEWS)-  ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ  ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ।

 ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

Post a Comment

0Comments

Post a Comment (0)