ਮਾਲ ਪਟਵਾਰੀ 'ਤੇ ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

BTTNEWS
By -
0

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ, 19 ਮਾਰਚ (BTTNEWS)-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Post a Comment

0Comments

Post a Comment (0)