ਵਿਜੀਲੈਂਸ ਬਿਊਰੋ ਵੱਲੋਂ ਵੱਖ-ਵੱਖ ਵਿਭਾਗਾ ਦੇ 3 ਅਫਸਰ ਕੀਤੇ ਕਾਬੂ

BTTNEWS
0

 ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ (BTTNEWS)-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। 

ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ 

 ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।  ਉਸਨੂੰ  ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post a Comment

0Comments

Post a Comment (0)