ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਥਾਵਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ 3 ਅਧਿਕਾਰੀਆਂ ਨੂੰ ਕੀਤਾ ਕਾਬੂ

BTTNEWS
0

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਮਾਰਚ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। 

ਵੱਖ ਵੱਖ ਜਗਾਹ 'ਤੋਂ ਰਿਸ਼ਵਤ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ 3 ਅਫ਼ਸ਼ਰ ਕਾਬੂ

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post a Comment

0Comments

Post a Comment (0)