ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ, ਆਂਗਣਵਾੜੀ ਵਰਕਰਾਂ ਨੇ ਮੰਤਰੀ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

BTTNEWS
0

 ਫਰੀਦਕੋਟ , 15 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਉਹਨਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ । ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲੇ ਦੁਪੱਟੇ ਲੈ ਕੇ ਸ਼ਮੂਲੀਅਤ ਕੀਤੀ ਤੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ । 

 

ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ, ਆਂਗਣਵਾੜੀ ਵਰਕਰਾਂ ਨੇ ਮੰਤਰੀ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

     ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੂਰੀ ਕਲੌਨੀ ਵਿੱਚ ਮੰਤਰੀ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕਰਦਿਆਂ ਰੋਸ ਮਾਰਚ ਕੀਤਾ । 

        ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 14 ਮਹੀਨਿਆਂ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ 8 ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 36 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ । ਮੁੱਖ ਵਿਭਾਗ ਵਿੱਚ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ 6-6 ਮਹੀਨੇ ਤਨਖਾਹਾਂ ਨਹੀਂ ਮਿਲਦੀਆਂ । ਪੰਜ ਛੇ ਮਹੀਨੇ ਪਹਿਲਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ । ਉਹਨਾਂ ਮੰਗ ਕੀਤੀ ਕਿ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ ।

       ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਵਿੱਚ ਆਂਗਣਵਾੜੀ ਸੈਂਟਰਾਂ ਦੇ ਲੱਖਾਂ ਬੱਚਿਆਂ ਨੂੰ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਿਆ ਸੀ ਤੇ ਅੱਜ ਤੱਕ ਇਹ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਨੂੰ ਨਹੀਂ ਦਿੱਤੇ ਗਏ । ਉਹਨਾਂ ਕਿਹਾ ਕਿ ਇਹ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ ।

        ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨਾਲ ਧੋਖਾ ਕਰ ਰਹੀ ਹੈ ਤੇ ਉਹਨਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਨਹੀਂ ਦਿੱਤਾ ਜਾ ਰਿਹਾ । ਕੇਂਦਰ ਸਰਕਾਰ ਨੇ 18 ਹਜ਼ਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਤੇ ਆਂਗਣਵਾੜੀ ਵਰਕਰਾਂ ਤੇ ਲਗਾਉਣ ਲਈ ਕਿਹਾ ਹੈ । ਜਿੰਨਾਂ ਵਿਚੋਂ 8393 ਪੋਸਟਾਂ ਪਹਿਲਾਂ ਆ ਚੁੱਕੀਆਂ ਹਨ । ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਫੈਸਲੇ ਨੂੰ ਨਹੀਂ ਮੰਨ ਰਹੀ ਤੇ ਆਪਣੀਆਂ ਮਨਮਰਜ਼ੀਆਂ ਕਰ ਰਹੀ ਹੈ ।   

           ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅਜੇ ਕਈ ਬਲਾਕਾਂ ਵਿੱਚ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਹੀ ਨਹੀਂ ਦਿੱਤੇ ਗਏ । ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਨਹੀਂ ਦਿੱਤੇ ਗਏ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ।

          ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਪਰ ਮਾਣ ਭੱਤਾ ਦੁੱਗਣਾ ਕਰਨ ਦੀ ਥਾਂ ਪਹਿਲਾਂ ਮਿਲਦਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ ।

      ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿੱਚ ਮਾਰਕਫੈੱਡ ਦੀ ਥਾਂ ਵੇਰਕਾ ਦਾ ਸਮਾਨ ਦਿੱਤਾ ਜਾਵੇ । ਕਿਉਂਕਿ ਮਾਰਕਫੈੱਡ ਦਾ ਸਮਾਨ ਮਾੜਾ ਹੈ । ਪੰਜੀਰੀ ਕੱਚੀ ਹੈ , ਦਲੀਆ ਅਤੇ ਖਿਚੜੀ ਕੌੜੀ ਹੈ ।

      ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ , ਗੁਰਮੀਤ ਕੌਰ ਗੋਨੇਆਣਾ , ਬਲਵੀਰ ਕੌਰ ਮਾਨਸਾ , ਗੁਰਮੀਤ ਕੌਰ ਦਬੜੀਖਾਨਾ , ਮਹਿੰਦਰ ਕੌਰ ਪੱਤੋਂ , ਗੁਰਅੰਮ੍ਰਿਤ ਕੌਰ ਸਿੱਧਵਾਂ ਬੇਟ , ਸ਼ੀਲਾ ਦੇਵੀ ਫਿਰੋਜ਼ਪੁਰ , ਰੇਸ਼ਮਾਂ ਰਾਣੀ ਫਾਜ਼ਿਲਕਾ , ਅੰਮ੍ਰਿਤ ਕੌਰ ਬੱਲੂਆਣਾ , ਸ਼ਰਨਜੀਤ ਕੌਰ ਫਰੀਦਕੋਟ , ਜਸਵਿੰਦਰ ਕੌਰ ਬੱਬੂ ਦੋਦਾ , ਗੁਰਚਰਨ ਕੌਰ ਦਬੜਾ , ਕੁਲਜੀਤ ਕੌਰ ਗੁਰੂ ਹਰਸਹਾਏ , ਛਿੰਦਰਪਾਲ ਕੌਰ ਜਲਾਲਾਬਾਦ , ਪ੍ਰਕਾਸ਼ ਕੌਰ ਮਮਦੋਟ , ਕੁਲਵੰਤ ਕੌਰ ਨਿਹਾਲ ਸਿੰਘ ਵਾਲਾ , ਸਰਬਜੀਤ ਕੌਰ ਬਾਗਾ ਪੁਰਾਣਾ , ਮਨਜੀਤ ਕੌਰ ਸਿੱਧਵਾਂ ਬੇਟ , ਇੰਦਰਜੀਤ ਕੌਰ ਸਰਵਰ ਖੂਈਆਂ , ਬਲਵਿੰਦਰ ਕੌਰ ਮਾਨਸਾ , ਸ਼ੀਲਾ ਫਾਜ਼ਿਲਕਾ , ਸਤਵੰਤ ਕੌਰ ਤਲਵੰਡੀ , ਨਰਿੰਦਰ ਕੌਰ ਘੱਲ ਖੁਰਦ ,  , ਜੀਵਨ ਸ਼ਰਮਾ ਮੱਖੂ , ਜਸਵੀਰ ਕੌਰ ਮੋਗਾ ਅਤੇ ਹੋਰ ਆਗੂ ਮੌਜੂਦ ਸਨ ।


Post a Comment

0Comments

Post a Comment (0)