-ਮਾਮਲਾ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਨਾ ਮਿਲਣ ਤੇ ਹੋਰ ਮੰਗਾਂ ਦਾ -
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ 15 ਅਪ੍ਰੈਲ ਦਿਨ ਸੋਮਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 14 ਮਹੀਨਿਆਂ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ 8 ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 36 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ । ਮੁੱਖ ਵਿਭਾਗ ਵਿੱਚ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ 6-6 ਮਹੀਨੇ ਤਨਖਾਹਾਂ ਨਹੀਂ ਮਿਲਦੀਆਂ । ਪੰਜ ਛੇ ਮਹੀਨੇ ਪਹਿਲਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ । ਉਹਨਾਂ ਮੰਗ ਕੀਤੀ ਕਿ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ । ਉਹਨਾਂ ਕਿਹਾ ਕਿ 18 ਮਹੀਨਿਆਂ ਦਾ ਏਰੀਅਰ ਮੇਨ ਵਿਭਾਗ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵੀ ਰਹਿੰਦਾ ਹੈ ਉਹ ਦਿੱਤਾ ਜਾਵੇ ।ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਨਹੀਂ ਦਿੱਤੇ ਗਏ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਵਿੱਚ ਆਂਗਣਵਾੜੀ ਸੈਂਟਰਾਂ ਦੇ ਲੱਖਾਂ ਬੱਚਿਆਂ ਨੂੰ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਿਆ ਸੀ ਤੇ ਅੱਜ ਤੱਕ ਇਹ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਨੂੰ ਨਹੀਂ ਦਿੱਤੇ ਗਏ । ਉਹਨਾਂ ਕਿਹਾ ਕਿ ਇਹ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ ।
ਉਹਨਾਂ ਕਿਹਾ ਕਿ 15 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਵਿਖੇ ਪੁੱਜਣਗੀਆਂ । ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਗੱਲ ਨਹੀਂ ਸੁਣ ਰਹੀ । ਜਿਸ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ ।