ਬੀਬਾ ਪਰਮਪਾਲ ਕੌਰ ਸਿੱਧੂ |
ਮਾਨਸਾ : ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਸੇਵਾਮੁਕਤ ਆਈਏਐਸ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਮੰਗਲਵਾਰ ਨੂੰ ਮਾਨਸਾ ਵਿਖੇ ਚੋਣ ਪ੍ਰਚਾਰ ਅਤੇ ਜਨ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਨਾਕਾਰਾਤਮਕ ਰਾਜਨੀਤੀ ਰਾਹੀਂ ਪੰਜਾਬ ਨੂੰ ਵਿਕਾਸ ਦੀ ਬਜਾਏ ਤਬਾਹੀ ਵੱਲ ਲਿਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਅਕਾਲੀ ਦਲ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਰਹੇ ਹਨ। ਖਾਸ ਕਰਕੇ ਬਠਿੰਡਾ ਦੇ ਲੋਕ ਆਪਣੇ ਨਾਲ ਕੀਤੇ ਜਾ ਰਹੇ ਲਗਾਤਾਰ ਝੂਠੇ ਵਾਅਦਿਆਂ ਅਤੇ ਧੋਖੇ ਤੋਂ ਤੰਗ ਆ ਚੁੱਕੇ ਹਨ ਅਤੇ ਭਾਜਪਾ ਸ਼ਾਸਤ ਰਾਜਾਂ ਵਿੱਚ ਚੱਲ ਰਹੇ ਵਿਕਾਸ ਮਾਡਿਊਲ ਨੂੰ ਪੰਜਾਬ ਵਿੱਚ ਵੀ ਲਾਗੂ ਹੁੰਦਾ ਦੇਖਣਾ ਚਾਹੁੰਦੇ ਹਨ। ਬਠਿੰਡਾ ਵਿੱਚ ਵਿਰੋਧੀ ਪਾਰਟੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ।
ਬੀਬਾ ਪਰਮਪਾਲ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਸਭ ਤੋਂ ਪਰੇਸ਼ਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਹੀ ਚੋਣਾਂ ਵਿਚ ਆਪਣੀ ਹਾਰ ਨੂੰ ਦੇਖਦੇ ਹੋਏ ਮੈਨੂੰ ਚੋਣ ਲੜਨ ਤੋਂ ਰੋਕਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਹਨ। ਇਸ ਮੁਹਿੰਮ ਦੌਰਾਨ ਕਦੇ ਨੋਟਿਸ ਭੇਜੇ ਗਏ ਤੇ ਕਦੇ ਰੋਸ ਮੁਜ਼ਾਹਰੇ ਕੀਤੇ ਗਏ। ਪਰ ਅਖੀਰ ਸਰਕਾਰ ਦੀਆਂ ਸਾਰੀਆਂ ਚਾਲਾਂ ਨਾਕਾਮ ਹੋ ਗਈਆਂ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਨਕਾਰਾਤਮਕ ਰਾਜਨੀਤੀ ਕੀਤੀ । ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਪੰਜਾਬ ਵਿੱਚ ਕੋਈ ਵਿਕਾਸ ਕਾਰਜ ਨਹੀਂ ਕੀਤਾ।
ਜਨ ਸੰਪਰਕ ਦੌਰਾਨ ਬੀਬਾ ਪਰਮਪਾਲ ਕੌਰ ਨੇ ਲੋਕਾਂ ਨੂੰ ਦੱਸਿਆ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਇਨ੍ਹਾਂ ਰਾਜਾਂ ਵਿਚ ਅਪਰਾਧ ਵੀ ਪੂਰੀ ਤਰ੍ਹਾਂ ਕਾਬੂ ਵਿਚ ਹਨ। ਪੰਜਾਬ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਵਪਾਰੀ ਹੋਵੇ ਜਾਂ ਹੋਰ ਵਰਗ, ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਦਾ। ਕੁੱਲ ਮਿਲਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਜਿਸ ਤਰ੍ਹਾਂ ਇਨ੍ਹਾਂ ਲੋਕਾਂ ਨੇ ਜਨਤਾ ਨੂੰ ਨਜ਼ਰਅੰਦਾਜ਼ ਕੀਤਾ ਸੀ, ਉਸੇ ਤਰ੍ਹਾਂ ਹੁਣ ਇੱਥੋਂ ਦੇ ਲੋਕਾਂ ਨੇ ਵੀ ਇਨ੍ਹਾਂ ਨਾਲ ਨਜਿੱਠਣ ਦਾ ਮਨ ਬਣਾ ਲਿਆ ਹੈ।