5 ਤੋਂ 10 ਸਤੰਬਰ ਤੱਕ ਰਹੇਗਾ ਮੁਕੰਮਲ ਕੰਮ ਠੱਪ
ਸ਼੍ਰੀ ਮੁਕਤਸਰ ਸਾਹਿਬ, 23 ਅਗਸਤ (BTTNEWS)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 27-07-2024 ਨੂੰ ਜਿਲਾ ਮੋਗਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਸਰਕਾਰ ਨੂੰ ਨੋਟਿਸ ਭੇਜ ਕੇ 16-08-2024 ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜੱਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ।
ਜਿਸ ਦੇ ਰੋਸ ਵਜੋਂ ਅਤੇ ਮੰਗਾਂ ਦੀ ਪੂਰਤੀ ਕਰਵਾਉਣ ਲਈ ਜੱਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਿਟਾਂਦਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨੂੰ ਮਿਤੀ 04-09-2024 ਤੱਕ ਦਾ ਸਮਾ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਜਾਵੇਗਾ। ਇਸ ਸਾਰੇ ਸਮੇਂ ਦੌਰਾਨ ਮਿਤੀ 23-08-2024 ਨੂੰ ਸਮੁੱਚੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ ਸੂਬੇ ਭਰ ਵਿੱਚ ਡੀ.ਸੀ. ਦਫ਼ਤਰਾਂ ਦੇ ਮੇਨ ਗੇਟਾਂ ਤੇ ਗੇਟ ਰੈਲੀਆਂ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ ਲਏ ਗੲ ਫੈਸਲੇ ਅਨੁਸਾਰ ਡੀ.ਸੀ. ਦਫ਼ਤਰ, ਸਬ ਡਵੀਜ਼ਨਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਦੇ ਸਮੂਹ ਕਰਮਚਾਰੀ ਮਿਤੀ 26 ਅਤੇ 30 ਅਗਸਤ 2024 ਨੂੰ ਪੂਰੇ ਸੂਬੇ ਅੰਦਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਦਫ਼ਤਰਾਂ ਅੰਦਰ ਸੰਕੇਤਕ ਧਰਨੇ ਪ੍ਰਦਰਸ਼ਨ ਕਰਨਗੇ। ਜੇਕਰ ਸਰਕਾਰ ਨੇ ਫਿਰ ਵੀ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮਜਬੂਰਨ ਡੀ.ਸੀ. ਦਫ਼ਤਰ ਕਰਮਚਾਰੀਆਂ ਨੂੰ ਦਫ਼ਤਰੀ ਕੰਮ ਦਾ ਬਾਈਕਾਟ ਕਰਨਾ ਪਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 30 ਸਾਲ ਪਹਿਲਾਂ ਬਣਾਈਆਂ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਨੌਰਮਜ਼ ਅਨੁਸਾਰ ਅਸਾਮੀਆਂ ਦੀ ਰਚਨਾ ਨਹੀਂ ਕੀਤੀ ਜਾ ਰਹੀ, ਜਦੋਂ ਤੱਕ ਅਸਾਮੀਆਂ ਦੀ ਰਚਨਾ ਨਹੀਂ ਹੋਵੇਗੀ, ਓਦੋਂ ਤੱਕ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਕਿਵੇਂ ਮਿਲੇਗੀ। ਸਰਕਾਰ ਉਹਨਾਂ ਅਸਾਮੀਆਂ ਦੀ ਰਚਨਾ ਕਰੇ ਅਤੇ ਜਿੱਥੇ ਅਸਾਮੀਆਂ ਦੀ ਰਚਨਾ ਹੋ ਕੇ ਸਰਕਾਰ ਨੂੰ ਨਵੇਂ ਕਲਰਕ ਭਰਤੀ ਕਰਨ ਦੀ ਡਿਮਾਂਡ ਗਈ ਹੈ, ਓਥੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਨਵੀਂ ਭਰਤੀ ਜਲਦੀ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ, ਰੁਪਿੰਦਰ ਸਿੰਘ, ਜਗਪ੍ਰੀਤ ਸਿੰਘ, ਓਮਪਾਲ, ਹਰਭਜਨ ਸਿੰਘ, ਜਸਵੀਰ ਕੌਰ, ਸੁਖਪਾਲ ਕੌਰ, ਰੁਪਾਲੀ, ਕਮਲਜੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਮੌਜੂਦ ਸਨ।