ਮਲੋਟ, 25 ਸਤੰਬਰ : ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਆਪਣੀ ਕੱਚਿਆਂ ਨੂੰ ਪੱਕਾ ਕਰਨ ਦੀ ਚਕੋਰੀ ਲਟਕਦੀ ਮੰਗ ਲਈ ਆਮ ਆਦਮੀ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦੇਵੇਗੀ । ਇਹ ਫ਼ੈਸਲਾ ਸਰਬਸੰਮਤੀ ਨਾਲ ਸੂਬਾ ਕਮੇਟੀ ਮੈਂਬਰਾਂ ਦੀ ਹੋਈ ਵਿਸ਼ੇਸ਼ ਮੀਟਿੰਗ ਹੋਈ ਵਿਚ ਲਿਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਸਰਾਏਨਾਗਾ ਨੇ ਦੱਸਿਆ ਕਿ ਕਿ ਉਹ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਨ । ਜਦੋਂ ਕਿ ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ। ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਮੁੱਖ ਮੰਗ ਕਿ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰ ਰਹੇ ਸਾਰੇ ਕਰਾਫ਼ਟ ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਦੇ ਨਾਲ 3 ਪ੍ਰਤੀਸ਼ਤ ਸਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਈ ਜਾਵੇ ਨੂੰ ਲੈ ਕੇ ਮੁੱਖ ਮੰਤਰੀ ਸਮੇਤ ਉਹ ਬਹੁਤ ਸਾਰੇ ਮੰਤਰੀਆਂ ਦੇ ਦਰਵਾਜ਼ੇ ਮੂਹਰੇ ਵਾਰ ਵਾਰ ਗੁਹਾਰ ਲਗਾ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਕਰਕੇ ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਧਰਨਾ ਦੇ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੁਨਾਮ ਵਿਖੇ ਤਿੱਖੇ ਸੰਘਰਸ਼ ਦਾ ਐਲਾਨ
September 25, 2025
0